ਸੰਤ ਸੀਚੇਵਾਲ ਵੱਲੋਂ ਦੀਨਾਨਗਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ

ਦੀਨਾਨਗਰ/ਗੁਰਦਾਸਪੁਰ, (ਦ ਸਟੈਲਰ ਨਿਊਜ਼)। ਵਾਤਾਵਰਨ ਅਤੇ ਵਿਰਾਸਤਾਂ ਨਾਲ ਪ੍ਰੇਮ ਰੱਖਣ ਵਾਲੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਦੀਨਾਨਗਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਸ. ਇੰਦਰਜੀਤ ਸਿੰਘ ਵੀ ਮੌਜੂਦ ਸਨ।

Advertisements

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਇਤਿਹਾਸ ਵਿੱਚ ਦੀਨਾਨਗਰ ਦੀ ਇਸ ਇਤਿਹਾਸਕ ਬਾਰਾਂਦਰੀ ਦਾ ਬਹੁਤ ਵੱਡਾ ਸਥਾਨ ਹੈ। ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਇਸ ਇਤਿਹਾਸਕ ਬਾਰਾਂਦਰੀ ਵਿੱਚ ਕਈ ਇਤਿਹਾਸਕ ਫ਼ੈਸਲੇ ਹੋਏ ਸਨ, ਜਿਨ੍ਹਾਂ ਵਿੱਚ ਸੰਨ 1838 ਵਿੱਚ ਲਾਹੌਰ ਦਰਬਾਰ, ਬ੍ਰਿਟਿਸ਼ ਹਕੂਮਤ ਅਤੇ ਅਫ਼ਗ਼ਾਨਿਸਤਾਨ ਦੇ ਸ਼ਾਹ ਸੁਜਾ ਦਰਮਿਆਨ ਹੋਈ ਤ੍ਰੈ-ਦੇਸੀ ਸੰਧੀ ਅਹਿਮ ਹੈ।  ਉਨ੍ਹਾਂ ਕਿਹਾ ਕਿ ਅਜਿਹੀਆਂ ਇਤਿਹਾਸਕ ਇਮਾਰਤਾਂ ਸਾਡੇ ਇਤਿਹਾਸ ਦਾ ਮਾਣ ਹਨ ਅਤੇ ਇਨ੍ਹਾਂ ਦਾ ਕਾਇਮ ਰਹਿਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਹ ਇਤਿਹਾਸਕ ਵਿਰਾਸਤਾਂ ਇਤਿਹਾਸ ਦੇ ਉਹ ਪੰਨੇ ਹਨ ਜਿਨ੍ਹਾਂ ਰਾਹੀਂ ਉਹ ਆਪਣੇ ਇਤਿਹਾਸ ਨੂੰ ਜਾਣ ਸਕਣਗੇ।

ਦੀਨਾਨਗਰ ਦੀ ਇਸ ਇਤਿਹਾਸਕ ਬਾਰਾਂਦਰੀ ਦੀ ਖਸਤਾ ਹਾਲਤ ਉੱਪਰ ਚਿੰਤਾ ਜ਼ਾਹਿਰ ਕਰਦਿਆਂ ਸੰਤ ਬਲਬੀਰ ਸਿੰਘ  ਸੀਚੇਵਾਲ ਨੇ ਕਿਹਾ ਕਿ ਇਸ ਇਤਿਹਾਸਕ ਤੇ ਵਿਰਾਸਤੀ ਇਮਾਰਤ ਦੀ ਮੁੜ ਸੁਰਜੀਤੀ ਬੇਹੱਦ ਜ਼ਰੂਰੀ ਹੈ, ਜਿਸ ਲਈ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ।  ਇਸ ਤੋਂ ਇਲਾਵਾ ਉਹ ਰਾਜ ਸਭਾ ਵਿੱਚ ਵੀ ਇਸ ਇਤਿਹਾਸਕ ਵਿਰਾਸਤ ਦੀ ਸੰਭਾਲ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣਗੇ।  ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇਸ਼ ਦਾ ਮਾਣ ਹਨ ਅਤੇ ਉਨ੍ਹਾਂ ਦੀਆਂ ਯਾਦਗਾਰਾਂ ਦੀ ਸੰਭਾਲ ਕਰਨੀ ਸਾਡਾ ਫਰਜ ਹੈ।   

LEAVE A REPLY

Please enter your comment!
Please enter your name here